ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਦੀ ਨਜ਼ਰਸਾਨੀ ਪਟੀਸ਼ਨ ਖ਼ਾਰਜ ਕੀਤੀ

ਨਵੀਂ ਦਿੱਲੀ, 17 ਦਸੰਬਰ – ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਦੀ ਉਸ ਨਜ਼ਰਸਾਨੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ ਵਿੱਚ ਗੁਜਰਾਤ ਸਰਕਾਰ ਨੂੰ ਸਮੂਹਿਕ ਬਲਾਤਕਾਰ ਮਾਮਲੇ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ ਕਰਨ ਦੀਆਂ ਪਟੀਸ਼ਨਾਂ ‘ਤੇ ਵਿਚਾਰ ਕਰਨ ਲਈ ਆਪਣੇ ਆਦੇਸ਼ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ।
ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਦੀ ਮੁਖੀ ਸਵਾਤੀ ਮਾਲੀਵਾਲ ਨੇ ਸੁਪਰੀਮ ਕੋਰਟ ਵੱਲੋਂ ਬਿਲਕੀਸ ਬਾਨੋ ਦੀ ਨਜ਼ਰਸਾਨੀ ਪਟੀਸ਼ਨ ਖ਼ਾਰਜ ਕੀਤੇ ਜਾਣ ਤੋਂ ਬਾਅਦ ਸਵਾਲ ਕੀਤਾ ਕਿ ਜੇ ਸੁਪਰੀਮ ਕੋਰਟ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਲੋਕ ਕਿੱਥੇ ਜਾਣਗੇ? ਮਾਲੀਵਾਲ ਨੇ ਟਵੀਟ ਕੀਤਾ,‘ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਬਾਨੋ ਨਾਲ 21 ਸਾਲ ਦੀ ਉਮਰ ਵਿੱਚ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਉਸ ਦੇ ਤਿੰਨ ਸਾਲ ਦੇ ਬੇਟੇ ਅਤੇ ਛੇ ਹੋਰ ਪਰਿਵਾਰਕ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਸੀ ਪਰ ਗੁਜਰਾਤ ਸਰਕਾਰ ਨੇ ਸਾਰੇ ਬਲਾਤਕਾਰੀਆਂ ਨੂੰ ਆਜ਼ਾਦ ਕਰ ਦਿੱਤਾ। ਸੁਪਰੀਮ ਕੋਰਟ ਤੋਂ ਵੀ ਇਨਸਾਫ਼ ਨਾ ਮਿਲਿਆ ਤਾਂ ਲੋਕ ਕਿੱਥੇ ਜਾਣਗੇ?