ਸੰਯੁਕਤ ਕਿਸਾਨ ਮੋਰਚਾ ‘ਚ ਸਰਕਾਰ ਦੀ ਨਵੀਂ ਤਜਵੀਜ਼ ‘ਤੇ ਸਹਿਮਤੀ ਬਣੀ

ਨਵੀਂ ਦਿੱਲੀ, 8 ਦਸੰਬਰ – ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਉਨ੍ਹਾਂ ਦੀਆਂ ਪੈਂਡਿੰਗ ਮੰਗਾਂ ਬਾਰੇ ਕੇਂਦਰ ਦੀ ਤਜਵੀਜ਼ ‘ਤੇ ਆਮ ਸਹਿਮਤੀ ਬਣ ਗਈ ਹੈ ਅਤੇ ਅੰਦੋਲਨ ਦੇ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ 9 ਦਸੰਬਰ ਦਿਨ ਵੀਰਵਾਰ ਨੂੰ ਸਿੰਘੂ ਬਾਰਡਰ ‘ਤੇ ਮੀਟਿੰਗ ਕੀਤੀ ਜਾਵੇਗੀ। ਹਾਲਾਂਕਿ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸਰਕਾਰ ਤੋਂ ‘ਲੈਟਰ ਹੈੱਡ’ ‘ਤੇ ਅਧਿਕਾਰਤ ਸੰਵਾਦ ਦੀ ਮੰਗ ਕਰ ਰਹੇ ਹਨ।
ਕਿਸਾਨ ਆਗੂ ਅਤੇ ਮੋਰਚੇ ਦੀ ਕੋਰ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਪੈਂਡਿੰਗ ਮੰਗਾਂ ਦੇ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਪਹਿਲਾਂ ਮਿਲੀ ਤਜਵੀਜ਼ ਮੰਨਣ ਯੋਗ ਨਹੀਂ ਸੀ, ਜਿਸ ਮਗਰੋਂ ਕੇਂਦਰ ਨੇ ਬੁੱਧਵਾਰ ਨੂੰ ਨਵੇਂ ਸਿਰਿਓਂ ਤਜਵੀਜ਼ ਭੇਜੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਬਾਰੇ ਅਸੀਂ ਸਰਕਾਰ ਨਾਲ ਸਹਿਮਤ ਹਾਂ। ਵੀਰਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਅੰਦੋਲਨ ਮੁਲਤਵੀ ਕਰਨ ਬਾਰੇ ਫ਼ੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਦੋਲਨ ਵਾਪਸ ਲੈਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ 12 ਵਜੇ ਸਿੰਘੂ ਬਾਰਡਰ ‘ਤੇ ਮੀਟਿੰਗ ਹੋਵੇਗੀ।