ਸ. ਮਨਜੀਤ ਸਿੰਘ ਕਲਕੱਤਾ ਖੁੱਲ੍ਹ ਕੇ ਕਾਂਗਰਸ ਦੀ ਹਮਾਇਤ ‘ਚ ਆਏ

ਚੰਡੀਗੜ੍ਹ – ਇੱਥੇ ਦੇ ਕਾਂਗਰਸ ਭਵਨ ਵਿਖੇ ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸ. ਮਨਜੀਤ ਸਿੰਘ ਕਲਕੱਤਾ ਨੇ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਹਮਾਇਤ ਕਰਨ ਦਾ ਐਲਾਨ ਕੀਤਾ। ਕਾਂਗਰਸ ਦੀ ਹਮਾਇਤ ਕਰਨ ਬਾਰੇ ਸ. ਮਨਜੀਤ ਸਿੰਘ ਕਲਕੱਤਾ ਨੇ ਕਿਹਾ ਕਿ ਪੰਜਾਬ ਨੂੰ ਬਾਦਲ ਦੀ ਅਗਵਾਈ ਵਾਲੇ ਅਕਾਲੀਆਂ ਨੇ ਤਬਾਹ ਕਰ ਦਿੱਤਾ ਹੈ ਤੇ ਸਿਰਫ ਹੁਣ ਪੰਜਾਬ ਨੂੰ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਹੀ ਬਚਾ ਸਕਦੇ ਹਨ।
ਕਲਕੱਤਾ ਨੇ ਕਿਹਾ ਕਿ ਅਪਣੀ ਪੂਰੀ ਜ਼ਿੰਦਗੀ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਪੰਥ ਦੀ ਸੇਵਾ ਕੀਤੀ ਪਰ ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਤੇ ਐਸਜੀਪੀਸੀ ਪਹਿਲਾਂ ਵਰਗੇ ਨਹੀਂ ਰਹੇ। ਇਹ ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਬਣ ਗਏ ਹਨ। ਉਨ੍ਹਾਂ ਨਾਲ ਆਏ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਮਹੱਤਤਾ ਖਤਮ ਹੋ ਚੁੱਕੀ ਹੈ ਅਤੇ ਹੁਣ ਇਹ ਪਾਰਟੀ ਕੇਵਲ ਬਾਦਲ ਪਰਿਵਾਰ ਤੱਕ ਹੀ ਸਿਮਟ ਕੇ ਰਹਿ ਗਈ ਹੈ। ਸਰਨਾ ਨੇ ਕਿਹਾ ਭਾਵੇਂ ਉਹ ਕਾਂਗਰਸ ਵਿੱਚ ਸ਼ਾਮਲ ਨਹੀਂ ਹੋ ਰਹੇ ਪਰ ਉਹ ਚੋਣਾਂ ਦੌਰਾਨ ਕਾਂਗਰਸ ਦੀ ਡੱਟ ਕੇ ਹਮਾਇਤ ਕਰਨਗੇ। ਸ. ਕਲਕੱਤਾ ਨਾਲ ਆਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਰਦੀਪ ਸਿੰਘ ਵਾਲੀਆ, ਯੂਥ ਆਗੂ ਹੈਪੀ ਵਾਲੀਆ, ਕਪੂਰਥਲਾ ਦੇ ਆਗੂ ਕੁਲਦੀਪ ਸਿੰਘ ਵਾਲੀਆ ਅਤੇ 25 ਦੇ ਕਰੀਬ ਅਕਾਲੀਆਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ. ਕਲਕੱਤਾ ਨੇ ਕਿਹਾ ਕਿ ਪੰਜਾਬ ਤੇ ਪੰਥ ਨੂੰ ਬਚਾਉਣ ਲਈ ਅਕਾਲੀ ਦਲ ਵਿੱਚੋਂ ਬਾਦਲ ਪਰਿਵਾਰ ਦਾ ਦਬਦਬਾ ਖਤਮ ਕਰਨਾ ਸਮੇਂ ਦੀ ਮੰਗ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ. ਕਲਕੱਤਾ ਤੇ ਬੁਨ੍ਹਾਂ ਨਾਲ ਪਾਰਟੀ ਦੀ ਹਮਾਇਤ ਦੇਣ ਆਏ ਸਾਥੀਆਂ ਦਾ ਸਵਾਗਤ ਕੀਤਾ ਅਤੇ ਅਕਾਲੀਆਂ ਨੂੰ ਸੱਤਾ ਤੋਂ ਲਾਭੇ ਰੱਖਣ ਦਾ ਵਾਇਦਾ ਕੀਤਾ।