ਹਿੰਦੀ ਸਿਨੇਮਾ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਦੇਹਾਂਤ

ਮੁੰਬਈ, 6 ਫਰਵਰੀ – ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਅੱਜ ਇੱਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 92 ਸਾਲਾਂ ਦੇ ਸਨ। ਉਨ੍ਹਾਂ ਦੀ ਛੋਟੀ ਭੈਣ ਊਸ਼ਾ ਮੰਗੇਸ਼ਕਰ ਨੇ ਕਿਹਾ, ‘ਉਹ (ਲਤਾ ਮੰਗੇਸ਼ਕਰ) ਨਹੀਂ ਰਹੀ। ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ’।
ਗਾਇਕ ਲਤਾ ਮੰਗੇਸ਼ਕਰ ਨੂੰ ਕੋਰੋਨਾ ਹੋਣ ਬਾਅਦ 8 ਜਨਵਰੀ ਨੂੰ ਬ੍ਰੀਚ ਕੈਂਡੀ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਜਨਮ 28 ਸਤੰਬਰ 1929 ਨੂੰ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਹੋਇਆ ਸੀ। ‘ਭਾਰਤ ਰਤਨ’ ਐਵਾਰਡੀ ਲਤਾ ਦੀਦੀ ਨੇ ਸਾਲ 1942 ਵਿੱਚ ਹਿੰਦੀ ਫ਼ਿਲਮਾਂ ਵਿੱਚ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ ਪਰ ਪਛਾਣ ਫਿਲਮ ‘ਮਹਿਲ’ ਦੇ ਗੀਤ ‘ਆਏਗਾ ਆਨੇ ਵਾਲਾ’ ਤੋਂ ਮਿਲੀ। ਇਸ ਦੇ ਨਾਲ ਹੀ ਲਤਾ ਨੇ 20 ਭਾਸ਼ਾਵਾਂ ਵਿੱਚ 30 ਹਜ਼ਾਰ ਤੋਂ ਵੱਧ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ। ਉਨ੍ਹਾਂ ਨੂੰ ਦੇਸ਼ ਦੇ ਕਈ ਵੱਕਾਰੀ ਸਨਮਾਨਾਂ ਨਾਲ ਵੀ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ‘ਦਾਦਾ ਸਾਹਿਬ ਫਾਲਕੇ’ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਨਾਲ ਵੀ ਸਨਮਾਨਿਤ ਕੀਤਾ ਗਿਆ।
ਲਤਾ ਦੇ ਸਨਮਾਨ ‘ਚ ਦੋ ਦਿਨ ਦੇ ਕੌਮੀ ਸੋਗ ਦਾ ਐਲਾਨ
ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਸੂਤਰਾਂ ਨੇ ਕਿਹਾ ਕਿ ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।