ਜ਼ਹਿਰੀਲੀ ਸ਼ਰਾਬ ਕਾਂਡ: ਮੁੱਖ ਮੰਤਰੀ ਕੈਪਟਨ ਵੱਲੋਂ ਕਤਲ ਕੇਸ ਦਰਜ ਕਰਨ ਦੇ ਹੁਕਮ

ਚੰਡੀਗੜ੍ਹ, 6 ਅਗਸਤ – 5 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਜ਼ਹਿਰੀਲੀ ਸ਼ਰਾਬ ਕਾਂਡ ‘ਚ ਸਿੱਧੀ ਸ਼ਮੂਲੀਅਤ ਵਾਲੇ ਲੋਕਾਂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰਨ ਲਈ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨਕਲੀ ਸ਼ਰਾਬ ਦੇ ਕੇਸ ‘ਚ ਸਿਆਸੀ ਦਖ਼ਲਅੰਦਾਜ਼ੀ ਨੂੰ ਕਿਸੇ ਵੀ ਸੂਰਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਨਕਲੀ/ਨਾਜਾਇਜ਼ ਸ਼ਰਾਬ ਬਣਾਉਣ ਤੇ ਤਸਕਰੀ ਲਈ ਐਕਸਾਈਜ਼ ਐਕਟ ਵਿੱਚ ਸਜ਼ਾ ਵਧਾਉਣ ਦਾ ਵਿਚਾਰ ਪੇਸ਼ ਕੀਤਾ ਤਾਂ ਜੋ ਅਪਰਾਧੀ ਛੇਤੀ ਸਲਾਖ਼ਾਂ ਤੋਂ ਬਾਹਰ ਨਾ ਆ ਸਕਣ।
ਕੈਬਨਿਟ ਮੀਟਿੰਗ ਦੌਰਾਨ ਕਈ ਮੰਤਰੀਆਂ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਸੁਝਾਅ ਨਾਲ ਸਹਿਮਤ ਹੁੰਦਿਆਂ ਨਾਜਾਇਜ਼ ਸ਼ਰਾਬ ਦੀ ਤਸਕਰੀ ਵਰਗੇ ਸੰਗਠਿਤ ਅਪਰਾਧ ‘ਤੇ ਕਾਬੂ ਪਾਉਣ ਲਈ ਪਕੋਕਾ ਵਰਗਾ ਸਖ਼ਤ ਕਾਨੂੰਨ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕਾਇਮ ਕੀਤੀ ਸਬ-ਕਮੇਟੀ ਨੂੰ ਤਜਵੀਜ਼ਤ ਕਾਨੂੰਨ ਦੇ ਉਪਬੰਧਾਂ ਨੂੰ ਘੋਖਣ ਅਤੇ ਅੰਤਿਮ ਰੂਪ ਦੇ ਕੇ ਰਿਪੋਰਟ ਛੇਤੀ ਤੋਂ ਛੇਤੀ ਸੌਂਪਣ ਲਈ ਆਖਿਆ ਹੈ। ਉਨ੍ਹਾਂ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਹੋਰ ਮੰਤਰੀਆਂ ਨਾਲ ਸਹਿਮਤੀ ਜ਼ਾਹਿਰ ਕੀਤੀ ਕਿ ਪਕੋਕਾ (ਪੰਜਾਬ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ) ਨਾਲ ਸੰਗੀਨ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਸਹਾਇਤਾ ਮਿਲ ਸਕਦੀ ਹੈ, ਜੋ ਜੇਲ੍ਹਾਂ ਵਿੱਚੋਂ ਹੀ ਸੰਗਠਿਤ ਅਪਰਾਧ ਚਲਾਉਂਦੇ ਹਨ।
ਮੁੱਖ ਮੰਤਰੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੋ ਮੀਟਿੰਗ ਕੀਤੀਆਂ, ਜਿਨ੍ਹਾਂ ਵਿੱਚੋਂ ਇਕ ਮੰਤਰੀ ਮੰਡਲ ਦੀ ਮੀਟਿੰਗ ਸੀ। ਨਕਲੀ ਸ਼ਰਾਬ ਦੇ ਮੁੱਦੇ ‘ਤੇ ਸੱਦੀ ਮੀਟਿੰਗ ਦੌਰਾਨ ਉਨ੍ਹਾਂ ਉਪਰੋਕਤ ਆਦੇਸ਼ ਦਿੱਤੇ। ਮੰਤਰੀ ਮੰਡਲ ਨੇ ਇਸ ਦੁਖਾਂਤ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਧਾਰਿਆ। ਮੀਟਿੰਗ ਵਿੱਚ ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਮੁੱਖ ਸਕੱਤਰ ਵਿਨੀ ਮਹਾਜਨ ਤੋਂ ਇਲਾਵਾ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਲਾਹਣ ਦੀ ਵਰਤੋਂ ਨਾਲ ਨਾਜਾਇਜ਼ ਸ਼ਰਾਬ ਦਾ ਧੰਦਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ, ਪਰ ਗੁਆਂਢੀ ਸੂਬਿਆਂ ਤੋਂ ਤਸਕਰੀ ਦੇ ਨਵੇਂ ਰੁਝਾਨ ਨਾਲ ਹੁਣ ਇਹ ਸਥਿਤੀ ਖ਼ਤਰਨਾਕ ਪੱਧਰ ਤੱਕ ਨਿੱਘਰ ਗਈ ਹੈ।
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਨਕਲੀ ਤੇ ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਤਸਕਰੀ ਦੇ ਧੰਦੇ ਦਾ ਅੰਤ ਵੇਖਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਮੁਜਰਮਾਂ, ਭਾਵੇਂ ਮਰਦ ਹੋਣ ਜਾਂ ਮਹਿਲਾਵਾਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਬੰਧਿਤ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਦਸ ਦਿਨਾਂ ਅੰਦਰ ਪੀੜਤ ਪਰਿਵਾਰਾਂ ਦੀ ਸ਼ਨਾਖ਼ਤ ਕਰਨ ਅਤੇ ਮਿਥੀ ਵਾਧੂ ਰਾਹਤ ਮੁਹੱਈਆ ਕਰਵਾਉਣ ਦੇ ਅਮਲ ਨੂੰ ਪੂਰਾ ਕਰਨ। ਮੁੱਖ ਮੰਤਰੀ ਵੱਲੋਂ ਇਸ ਦੁਖਾਂਤ ਦੇ ਸ਼ਿਕਾਰ ਪੀੜਤ ਪਰਿਵਾਰਾਂ ਨੂੰ ਦੋ ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਘਟਨਾ ਵਿੱਚ ਹੁਣ ਤੱਕ 113 ਵਿਅਕਤੀਆਂ ਨੇ ਜਾਨ ਗਵਾਈ ਹੈ ਅਤੇ ਕਈ ਇਲਾਜ ਅਧੀਨ ਹਨ, ਜਿਨ੍ਹਾਂ ਨੂੰ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਮੀਟਿੰਗ ਦੌਰਾਨ ਤਰਨਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਨੇ ਆਪੋ ਆਪਣੇ ਜ਼ਿਲ੍ਹਿਆਂ ਬਾਰੇ ਰਿਪੋਰਟ ਦਿੱਤੀ। ਬਾਰਡਰ ਰੇਂਜ ਦੇ ਆਈਜੀ ਐੱਸ.ਪੀ.ਐੱਸ.ਪਰਮਾਰ ਨੇ ਸਰਹੱਦੀ ਖੇਤਰਾਂ ਵਿੱਚ ਸ਼ੁਰੂ ਕੀਤੀ ਸਾਂਝੀ ਛਾਪੇਮਾਰੀ ਮੁਹਿੰਮ ਬਾਰੇ ਤਫ਼ਸੀਲ ਦਿੱਤੀ।