26 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਯਾਦ ‘ਚ ‘ਵੀਰ ਬਾਲ ਦਿਵਸ’ ਮਨਾਇਆ ਜਾਵੇਗਾ

ਨਵੀਂ ਦਿੱਲੀ, 9 ਜਨਵਰੀ – ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ‘ਚ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਐਲਾਨ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਕੀਤਾ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਹ ਸਾਹਿਬਜ਼ਾਦਿਆਂ ਦੀ ਦਲੇਰੀ ਅਤੇ ਸ਼ਹਾਦਤ ਨੂੰ ਸਿੱਜਦਾ ਹੈ। ਉਨ੍ਹਾਂ ਕਿਹਾ,”ਵੀਰ ਬਾਲ ਦਿਵਸ ਉਸ ਦਿਨ ਮਨਾਇਆ ਜਾਵੇਗਾ ਜਿਸ ਦਿਨ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਨੂੰ ਜਿਊਂਦੇ ਦੀਵਾਰ ‘ਚ ਚਿਣਵਾ ਦਿੱਤਾ ਗਿਆ ਸੀ। ਦੋਵੇਂ ਮਹਾਨ ਸਾਹਿਬਜ਼ਾਦਿਆਂ ਨੇ ਧਰਮ ਤੋਂ ਥਿੜਕਣ ਦੀ ਬਜਾਏ ਸ਼ਹਾਦਤ ਨੂੰ ਤਰਜੀਹ ਦਿੱਤੀ ਸੀ”। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ, ਗੁਰੂ ਗੋਬਿੰਦ ਸਿੰਘ ਅਤੇ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਵਿਚਾਰਾਂ ਨੇ ਲੱਖਾਂ ਲੋਕਾਂ ਨੂੰ ਤਾਕਤ ਬਖ਼ਸ਼ੀ ਹੈ। ਉਹ ਹਮੇਸ਼ਾ ਅਨਿਆਂ ਖ਼ਿਲਾਫ਼ ਡਟੇ ਰਹੇ। ਉਨ੍ਹਾਂ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਅਤੇ ਖ਼ੁਸ਼ਹਾਲ ਦੁਨੀਆ ਦੀ ਕਲਪਨਾ ਕੀਤੀ ਸੀ। ਇਹ ਸਮੇਂ ਦੀ ਲੋੜ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕ ਉਨ੍ਹਾਂ ਬਾਰੇ ਜਾਣਨ। ਜ਼ਿਕਰਯੋਗ ਹੈ ਕਿ ਹੁਕਮਰਾਨ ਭਾਜਪਾ ਵੱਲੋਂ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਜਾਣ ਕਾਰਨ ਕਿਸਾਨਾਂ ਸਮੇਤ ਸਿੱਖ ਨਾਰਾਜ਼ ਹੋ ਗਏ ਸਨ ਅਤੇ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਮਗਰੋਂ ਹੁਣ ਮੋਦੀ ਸਰਕਾਰ ਵੱਲੋਂ ਸਿੱਖਾਂ ਲਈ ਕਈ ਕਦਮ ਉਠਾ ਕੇ ਉਨ੍ਹਾਂ ਨੂੰ ਭਰਮਾਇਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਨੇ ਪ੍ਰਗਟਾਇਆ ਇਤਰਾਜ਼
ਅੰਮ੍ਰਿਤਸਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ ਹਰ ਵਰ੍ਹੇ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦੇ ਐਲਾਨ ਨਾਲ ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖਾਂ ਵੱਲੋਂ ਅਸਹਿਮਤੀ ਪ੍ਰਗਟਾਈ ਗਈ ਹੈ। ਪ੍ਰਧਾਨ ਮੰਤਰੀ ਦੇ ਇਸ ਐਲਾਨ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ, ਪਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ ਵੀਰ ਬਾਲ ਦਿਵਸ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਨਾਲ ਮੇਲ ਨਹੀਂ ਖਾਂਦਾ।