26 ਨਵੰਬਰ ਨੂੰ ਕਿਸਾਨ ਅੰਦੋਲਨ ਦਾ ਦਿੱਲੀ ਬਾਰਡਰਾਂ ‘ਤੇ ਇੱਕ ਸਾਲ ਪੂਰਾ ਹੋਇਆ

ਨਵੀਂ ਦਿੱਲੀ, 26 ਨਵੰਬਰ – ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੇ ਬਾਰਡਰਾਂ ‘ਤੇ ਸ਼ੁਰੂ ਕੀਤੇ ਅੰਦੋਲਨ ਦਾ ਅੱਜ 26 ਨਵੰਬਰ ਨੂੰ ਸਾਲ ਪੂਰਾ ਹੋ ਗਿਆ ਹੈ।
ਕਿਸਾਨੀ ਅੰਦੋਲਨ ਦੇ ਪੂਰੇ ਹੋਏ ਇਸ ਸਾਲ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਜਥੇਬੰਦੀਆਂ ਨੇ ਦਿੱਲੀ ਦੇ ਦਿੱਲੀ ਬਾਰਡਰਾਂ ‘ਤੇ ਮਨਾਉਣ ਦਾ ਐਲਾਨ ਕੀਤਾ ਸੀ, ਇਸ ਕਾਰਣ ਵੱਡੀ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ ਇਕੱਠੇ ਹੋ ਗਏ ਹਨ। ਕਿਸਾਨੀ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ‘ਤੇ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਕਈ ਸਮਾਗਮ ਕੀਤੇ ਜਾ ਰਹੇ ਹਨ। ਕਿਸਾਨਾਂ ਨੇ ਇੱਕ ਸਾਲ ਤੋਂ ਦਿੱਲੀ ਦੇ ਤਿੰਨ ਸਰਹੱਦੀ ਪੁਆਇੰਟਾਂ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ‘ਤੇ ਡੇਰੇ ਲਾਏ ਹੋਏ ਹਨ। ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਅੰਦੋਲਨ ਪਿਛਲੇ ਸਾਲ 26-27 ਨਵੰਬਰ ਨੂੰ ‘ਦਿੱਲੀ ਚਲੋ’ ਨਾਅਰੇ ਨਾਲ ਸ਼ੁਰੂ ਹੋਇਆ ਸੀ। ਦੇਸ਼ ਭਰ ਖ਼ਾਸ ਤੌਰ ‘ਤੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਪੁੱਜੀਆਂ ਹੋਈਆਂ ਹਨ। ਲੋਕਾਂ ਵਿੱਚ ਕਾਫ਼ੀ ਉਤਸ਼ਾਹ ਵੇਖਿਆ ਜਾ ਰਿਹਾ ਹੈ।