ਨਵੀਂ ਦਿੱਲੀ, 6 ਸਤੰਬਰ – ਅੱਜ ਇੱਥੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਰੋਧੀ ਧਿਰ ਦੇ ਹੋਰ ਪ੍ਰਮੁੱਖ ਨੇਤਾਵਾਂ ਨਾਲ ਮੁਲਾਕਾਤ ਕੀਤੀ। ਭਾਜਪਾ ਤੋਂ ਵੱਖ ਹੋਣ ਤੋਂ ਬਾਅਦ ਨਿਤੀਸ਼ ਕੁਮਾਰ 2024 ਦੀਆਂ ਲੋਕ ਸਭਾ ਚੋਣਾਂ ਲਈ ਵਿਰੋਧੀ ਪਾਰਟੀਆਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਨਿਤੀਸ਼ ਨੇ ਕਿਹਾ ਕਿ ਉਹ ਨਾ ਤਾਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਦਾਅਵੇਦਾਰ ਹਨ ਤੇ ਨਾ ਹੀ ਇਸ ਦੇ ਇਛੁੱਕ ਹਨ। ਉਨ੍ਹਾਂ ਸੋਮਵਾਰ ਕਾਂਗਰਸ ਆਗੂ ਰਾਹੁਲ ਗਾਂਧੀ, ਜੇਡੀ (ਐੱਸ) ਦੇ ਮੁਖੀ ਐਚ.ਡੀ. ਕੁਮਾਰਸਵਾਮੀ ਤੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।
ਜ਼ਿਕਰਯੋਗ ਹੈ ਕਿ ਭਾਜਪਾ ਤੋਂ ਨਾਤਾ ਤੋੜਨ ਤੋਂ ਬਾਅਦ ਨਿਤੀਸ਼ 5 ਸਤੰਬਰ ਦਿਨ ਸੋਮਵਾਰ ਨੂੰ ਪਹਿਲੀ ਵਾਰ ਰਾਸ਼ਟਰੀ ਰਾਜਧਾਨੀ ਪਹੁੰਚੇ ਸਨ। ਅੱਜ ਸਭ ਤੋਂ ਪਹਿਲਾਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਮਿਲੇ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੇ। ਇਨ੍ਹਾਂ ਤੋਂ ਇਲਾਵਾ ਉਹ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੇ ਹੈੱਡਕੁਆਟਰ ਵਿਖੇ ਪਾਰਟੀ ਦੇ ਜਨਰਲ ਸਕੱਤਰ ਡੀ. ਰਾਜਾ ਨੂੰ ਵੀ ਮਿਲੇ। ਨਿਤੀਸ਼ ਕੁਮਾਰ ਨੇ ਆਈਐੱਨਐਲਡੀ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ, ‘ਸਪਾ’ ਆਗੂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਪੁੱਤਰ ਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨਾਲ ਵੀ ਮੁਲਾਕਾਤ ਕੀਤੀ। ਚੌਟਾਲਾ ਨੂੰ ਕੁਮਾਰ ਉਨ੍ਹਾਂ ਦੀ ਗੁੜਗਾਓਂ ਰਿਹਾਇਸ਼ ’ਤੇ ਮਿਲੇ। ਇਸ ਮੌਕੇ ਜੇਡੀ(ਯੂ) ਦੇ ਬੁਲਾਰੇ ਕੇਸੀ ਤਿਆਗੀ ਵੀ ਉਨ੍ਹਾਂ ਦੇ ਨਾਲ ਸਨ।
Home Page ਚੋਣਾਂ 2024: ਨਿਤੀਸ਼ ਕੁਮਾਰ ਵੱਲੋਂ ਸੀਤਾਰਾਮ ਯੇਚੁਰੀ ਤੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ